ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਬਰਾਮਦ

author img

By

Published : Sep 2, 2022, 2:00 PM IST

Updated : Sep 2, 2022, 7:40 PM IST

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ

ਪਟਿਆਲਾ ਵਿੱਚ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਵਲੋਂ ਨਸ਼ਿਆਂ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

ਪਟਿਆਲਾ: ਪੰਜਾਬ ਪੁਲਿਸ ਵਲੋਂ ਨਸ਼ਿਆਂ ਨੂੰ ਲੈਕੇ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਆਬਕਾਰੀ ਵਿਭਾਗ ਦੀ ਮਦਦ ਨਾਲ ਪਟਿਆਲਾ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਪਟਿਆਲਾ 'ਚ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਣਾਉਣ ਵਾਲਾ ਪਦਾਰਥ ਬਰਾਮਦ ਕੀਤਾ ਹੈ।

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ.) ਦੇ ਨਜਾਇਜ਼ ਧੰਦੇ ਵਿਰੁੱਧ ਰਾਜ ਵਿਆਪੀ ਮੁਹਿੰਮ ਸ਼ੁਰੂ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪਟਿਆਲਾ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਤਸਕਰੀ ਅਤੇ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਤੋਂ 35000 ਲੀਟਰ ਈਐਨਏ ਭਰਿਆ ਇੱਕ ਟੈਂਕਰ ਜ਼ਬਤ ਕੀਤਾ ਗਿਆ।

ਨਜਾਇਜ਼ ਸ਼ਰਾਬ ਬਣਾਉਣ ਵਾਲਾ ਪਦਾਰਥ ਬਰਾਮਦ
ਨਜਾਇਜ਼ ਸ਼ਰਾਬ ਬਣਾਉਣ ਵਾਲਾ ਪਦਾਰਥ ਬਰਾਮਦ

ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਪਤੀ ਉਪਰੰਤ ਆਬਕਾਰੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਮਾਮਲੇ ਨਾਲ ਸਬੰਧਤ ਸਾਰੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਤਾਂ ਜੋ ਈਐਨਏ ਦੇ ਸਪਲਾਇਰਾਂ ਅਤੇ ਪ੍ਰਾਪਤਕਰਤਾਵਾਂ ਦਾ ਮੁਕੰਮਲ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗ ਦੀ ਬੀਤੇ ਮੰਗਲਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕਰਕੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਗਿਆ ਸੀ। ਇਨ੍ਹਾਂ ਟੀਮਾਂ ਨੇ ਬੀਤੇ ਦਿਨ ਇਹ ਸੂਚਨਾ ਮਿਲਣ ‘ਤੇ ਕਿ ਇੱਕ ਸੰਗਠਿਤ ਗਿਰੋਹ ਈ.ਐਨ.ਏ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਵਿੱਚ ਸ਼ਾਮਲ ਹੈ, ਤੇ ਕਾਰਵਾਈ ਕਰਦਿਆਂ ਲਗਭਗ 35000 ਲੀਟਰ ਈਐਨਏ ਜਿਸ ਦੀ ਕੀਮਤ ਲਗਭਗ 3.5 ਕਰੋੜ ਰੁਪਏ ਬਣਦੀ ਹੈ, ਲੈ ਕੇ ਜਾ ਰਹੇ ਇੱਕ ਟੈਂਕਰ ਨੂੰ ਜ਼ਬਤ ਕੀਤਾ।

ਨਜਾਇਜ਼ ਸ਼ਰਾਬ ਬਣਾਉਣ ਵਾਲਾ ਪਦਾਰਥ ਬਰਾਮਦ
ਨਜਾਇਜ਼ ਸ਼ਰਾਬ ਬਣਾਉਣ ਵਾਲਾ ਪਦਾਰਥ ਬਰਾਮਦ

ਇਸ ਅਪ੍ਰੇਸ਼ਨ ਬਾਰੇ ਹੋਰ ਖੁਲਾਸਾ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਟੀਮਾਂ ਨੇ ਦੇਖਿਆ ਕਿ ਇੱਕ ਟੈਂਕਰ ਨੇ ਰਾਜਪੁਰਾ ਪਹੁੰਚਣ ਤੋਂ ਬਾਅਦ ਆਪਣਾ ਰੂਟ ਮੋੜ ਕੇ ਰਾਜਪੁਰਾ-ਚੰਡੀਗੜ੍ਹ ਰੋਡ ਵੱਲ ਕਰ ਲਿਆ। ਟੀਮਾਂ ਨੇ ਬਨੂੜ ਨੇੜੇ ਟੈਂਕਰ ਨੂੰ ਰੋਕਣ ਤੇ ਪਾਇਆ ਕਿ ਟੈਂਕਰ ਦਾ ਟਰਾਂਸਪੋਰਟਰ ਉਹ ਈਐਨਏ ਜੋ ਕਿ ਗੋਆ ਰਾਜ ਵਿੱਚ ਲਿਜਾਣ ਲਈ ਸੀ, ਵਿੱਚੋਂ ਕੁਝ ਈ.ਐਨ.ਏ ਰਾਜਪੁਰਾ ਵਿਖੇ ਚੋਰੀ ਵੇਚਦਾ ਸੀ ਅਤੇ ਬਾਕੀ ਦੀ ਖੇਪ ਇੱਕ ਵਿਚੋਲੇ ਰਾਹੀਂ, ਜੋ ਕਿ ਪਹਿਲਾਂ ਚੰਡੀਗੜ੍ਹ ਵਿਖੇ ਸ਼ਰਾਬ ਦਾ ਠੇਕੇਦਾਰ ਸੀ, ਰਾਹੀਂ ਚੰਡੀਗੜ੍ਹ ਦੇ ਬੌਟਲਿੰਗ ਪਲਾਂਟਾਂ ਨੂੰ ਵੇਚਦਾ ਸੀ।

ਬੁਲਾਰੇ ਨੇ ਦੱਸਿਆ ਕਿ 2000 ਲੀਟਰ ਈਐਨਏ ਦੀ ਖੇਪ ਜੋ ਕਿ 22 ਅਗਸਤ ਨੂੰ ਖੰਨਾ ਵਿਖੇ ਜ਼ਬਤ ਕੀਤੀ ਗਈ ਸੀ, ਇਸੇ ਗਿਰੋਹ ਵੱਲੋਂ ਹੀ ਅੰਮ੍ਰਿਤਸਰ ਦੀ ਇੱਕ ਪਾਰਟੀ ਨੂੰ ਵੇਚੀ ਗਈ ਸੀ ਜੋ ਕਿ ਅੱਗੇ ਇਸ ਤੋਂ ਨਾਜਾਇਜ਼ ਸ਼ਰਾਬ ਤਿਆਰ ਕਰਦੀ ਸੀ। ਇਹ ਗਿਰੋਹ ਪੰਜਾਬ ਵਿੱਚ ਹੋਰ ਵੀ ਕਈ ਗੈਰ-ਸਮਾਜੀ ਤੱਤਾਂ ਨੂੰ ਚੋਰੀ ਈ.ਐਨ.ਏ. ਵੇਚਣ ਵਿੱਚ ਸ਼ਾਮਿਲ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਟਰਾਂਸਪੋਰਟਰ ਜਵਾਹਰ ਸਿੰਘ, ਉਸਦੇ ਸਾਥੀ ਸੰਜੀਵ ਕੁਮਾਰ, ਨਿਸ਼ਾਂਤ, ਵਰਿੰਦਰ ਚੌਹਾਨ ਅਤੇ ਗੁਰਚਰਨ ਸਿੰਘ ਖਿਲਾਫ ਪਟਿਆਲਾ ਜ਼ਿਲੇ ਦੇ ਬਨੂੜ ਪੁਲਸ ਸਟੇਸ਼ਨ 'ਚ ਐੱਫ.ਆਈ.ਆਰ. ਦਰ਼ਜ਼ ਕਰ ਲਈ ਗਈ ਹੈ।

ਇਸ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਦੱਸਿਆ ਕਿ ਵਿਭਾਗ ਵੱਲੋਂ ਸੂਬੇ ਭਰ ਵਿੱਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਚੌਕਸੀ ਤੇਜ਼ ਕਰ ਦਿੱਤੀ ਗਈ ਹੈ ਅਤੇ ਅੰਤਰਰਾਜੀ ਸਰਹੱਦਾਂ ਅਤੇ ਤਸਕਰੀ ਵਾਲੇ ਇਲਾਕਿਆਂ ਵਿੱਚ ਵਿਸ਼ੇਸ਼ ਗਸ਼ਤ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਬੋਲੇ, ਕਾਂਗਰਸ ਦਾ ਸਭ ਤੋਂ ਪਹਿਲਾ ਪ੍ਰਧਾਨ ਅੰਗਰੇਜ਼ ਸੀ

Last Updated :Sep 2, 2022, 7:40 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.