ETV Bharat / state

ਪੰਜਾਬ ਵਿੱਚ ਫਿਰ ਹੜ੍ਹ ਦੇ ਹਾਲਾਤ: ਪਿੰਡਾਂ ਦੇ ਪਿੰਡ ਕਰਵਾਏ ਖਾਲੀ, 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੁੱਲ੍ਹੇ

author img

By

Published : Aug 16, 2023, 7:04 AM IST

Punjab Floods: ਹਿਮਾਚਲ ਵਿੱਚ ਲਗਾਤਾਰ ਪੈ ਰਿਹਾ ਮੀਂਹ ਪੰਜਾਬ 'ਚ ਮੁਸੀਬਤ ਬਣਦਾ ਜਾ ਰਿਹਾ ਹੈ। ਜਿਥੇ ਡੈਮਾਂ 'ਚ ਵਧੇ ਪਾਣੀ ਨੂੰ ਛੱਡਣ ਨਾਲ ਪੰਜਾਬ ਦੇ ਕਈ ਇਲੱਕੇ ਪ੍ਰਭਾਵਿਤ ਹੋਏ ਹਨ। ਜਿਸ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

flood
flood

ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ 'ਤੇ ਬਣਿਆ ਦੇਸ਼ ਦਾ ਦੂਜਾ ਸਭ ਤੋਂ ਵੱਡਾ ਭਾਖੜਾ ਡੈਮ ਅਤੇ ਬਿਆਸ ਦਰਿਆ 'ਤੇ ਬਣਿਆ ਪੌਂਗ ਡੈਮ ਦੋਵੇਂ ਹੀ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਏ ਹਨ। ਕਰੀਬ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

ਖਤਰੇ ਦੇ ਨਿਸ਼ਾਨ ਤੋਂ ਕੁਝ ਦੂਰੀ 'ਤੇ ਡੈਮ ਦਾ ਪਾਣੀ: ਭਾਖੜਾ ਡੈਮ ਦੇ ਫਲੱਡ ਗੇਟ ਸੋਮਵਾਰ ਨੂੰ 12 ਫੁੱਟ ਤੱਕ ਖੋਲ੍ਹੇ ਗਏ ਸਨ। ਐਤਵਾਰ ਨੂੰ ਪਾਣੀ ਦਾ ਪੱਧਰ 1678 ਫੁੱਟ ਤੱਕ ਪਹੁੰਚ ਗਿਆ ਸੀ, ਜੋ ਸੋਮਵਾਰ ਨੂੰ ਫਲੱਡ ਗੇਟ ਖੋਲ੍ਹਣ ਤੋਂ ਬਾਅਦ 1 ਫੁੱਟ ਘੱਟ ਕੇ 1677 ਫੁੱਟ ਰਹਿ ਗਿਆ। ਜਿਸ ਤੋਂ ਬਾਅਦ ਰਾਤ ਕਰੀਬ 9 ਵਜੇ ਫਲੱਡ ਗੇਟ ਦਾ ਪੱਧਰ ਘੱਟ ਗਿਆ। ਜਿਸ ਕਾਰਨ ਰੂਪ ਨਗਰ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ।

ਮੰਤਰੀ ਬੈਂਸ ਦੀ ਲੋਕਾਂ ਨੂੰ ਅਪੀਲ: ਇਲਾਕਿਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਹਰਜੋਤ ਬੈਂਸ ਖੁਦ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੁੱਜੇ। ਪਿੰਡ ਬੇਲਾ ਧਿਆਨੀ ਪਹੁੰਚੇ ਮੰਤਰੀ ਬੈਂਸ ਨੇ ਦੱਸਿਆ ਕਿ ਪਿੰਡਾਂ ਵਿੱਚ ਰਾਤ ਵੇਲੇ ਪਾਣੀ ਦਾ ਪੱਧਰ ਘੱਟਣਾ ਸ਼ੁਰੂ ਹੋ ਗਿਆ ਹੈ। ਪਰ ਹਰਸਾ ਬੇਲਾ ਵਿੱਚ ਸਥਿਤੀ ਮਾੜੀ ਹੈ। ਸਥਿਤੀ 'ਤੇ ਕਾਬੂ ਪਾਉਣ ਲਈ NDRF, ਫੌਜ ਅਤੇ ਹਵਾਈ ਸੈਨਾ ਦੀ ਮਦਦ ਲਈ ਜਾ ਰਹੀ ਹੈ। ਇਸ ਦੇ ਨਾਲਹੀ ਮੰਤਰੀ ਨੇ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਣੀ ਲਗਾਤਾਰ ਘੱਟ ਰਿਹਾ ਹੈ ਤੇ ਮੁੱਖ ਮੰਤਰੀ ਖੁਦ ਇਸ ਸਾਰੇ 'ਤੇ ਨਜ਼ਰ ਬਣਾਏ ਹੋਏ ਹਨ।

ਰੂਪਨਗਰ 'ਚ ਬਣਿਆ ਹੈਲੀਪੈਡ: ਸਥਿਤੀ 'ਚ ਕੁਝ ਸੁਧਾਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਹਵਾਈ ਫੌਜ ਅਤੇ ਫੌਜ ਨੂੰ ਮਦਦ ਲਈ ਕਿਹਾ ਹੈ। ਇਸ ਤੋਂ ਇਲਾਵਾ ਪੁਲਿਸ, ਸਿਹਤ ਵਿਭਾਗ ਅਤੇ ਡੀਸੀ ਦਫ਼ਤਰ ਅਲਰਟ 'ਤੇ ਹਨ। ਮਾਰਸ਼ਲ ਅਕੈਡਮੀ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਗਰਾਊਂਡ ਨੂੰ ਹੈਲੀਪੈਡ ਵਜੋਂ ਵਰਤਿਆ ਜਾਵੇਗਾ। ਹਰਜੋਤ ਬੈਂਸ ਨੇ ਕਿਹਾ ਕਿ ਹਰਸਾ ਬੇਲਾ ਅਤੇ ਹੋਰ ਖੇਤਰਾਂ ਵਿੱਚ ਜਿੱਥੇ ਲੋਕਾਂ ਨੂੰ ਕਿਸ਼ਤੀਆਂ ਲੈ ਕੇ ਜਾਣ ਵਿੱਚ ਦਿੱਕਤ ਆ ਰਹੀ ਹੈ, ਉੱਥੇ ਲੋੜ ਪੈਣ 'ਤੇ ਉਨ੍ਹਾਂ ਨੂੰ ਏਅਰ ਲਿਫਟ ਵੀ ਮੁਹੱਈਆ ਕਰਵਾਈ ਜਾਵੇਗੀ।

ਹੁਸ਼ਿਆਰਪੁਰ ਦੇ ਕਈ ਪਿੰਡ ਹੜ੍ਹ ਦੀ ਲਪੇਟ 'ਚ : ਦੂਜੇ ਪਾਸੇ ਪੌਂਗ ਡੈਮ ਕਾਰਨ ਬਿਆਸ ਦੀ ਹਾਲਤ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਬੀਤੀ ਰਾਤ ਪੌਂਗ ਡੈਮ ਤੋਂ 1.60 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ, ਜਿਸ ਦੀ ਮਾਤਰਾ ਆਉਣ ਵਾਲੇ ਦਿਨਾਂ ਵਿੱਚ ਵਧ ਸਕਦੀ ਹੈ। ਡੀਸੀ ਗੁਰਦਾਸਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਬਿਆਸ ਦੇ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ।

ਪ੍ਰਸ਼ਾਸਨ ਦੀ ਲੋਕਾਂ ਨੂੰ ਸੁਰੱਖਿਅਤ ਥਾਂ ਜਾਣ ਦੀ ਅਪੀਲ: ਪਿੰਡ ਮਹਿਤਾਬਪੁਰ, ਮੋਤਲਾ, ਹਲੇਤ, ਜਨਾਰਦਨ, ਤਲਵਾੜਾ, ਬਿਆਸ ਦੀਆਂ 52 ਬੈਰਾਂ ਵਿੱਚ ਪਾਣੀ ਓਵਰਫਲੋ ਹੋ ਕੇ ਪਿੰਡਾਂ ਵਿੱਚ ਦਾਖਲ ਹੋ ਗਿਆ ਹੈ। ਡੀਸੀ ਕੋਮਲ ਮਿੱਤਲ ਖੁਦ ਰਾਤ ਨੂੰ ਇਲਾਕੇ ਵਿੱਚ ਪਹੁੰਚ ਗਏ ਅਤੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ। ਡੀਸੀ ਮਿੱਤਲ ਨੇ ਦੱਸਿਆ ਕਿ ਇੱਥੋਂ ਦੇ ਇਲਾਕਿਆਂ ਦੀ ਆਬਾਦੀ ਬਹੁਤ ਜ਼ਿਆਦਾ ਹੈ। ਅਜਿਹੇ 'ਚ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ।

ਗੁਰਦਾਸਪੁਰ 'ਚ ਵੀ ਪ੍ਰਸ਼ਾਸਨ ਅਲਰਟ: ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ 'ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਿਆਸ ਦਰਿਆ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਹੇਠਲੇ ਸਥਾਨਾਂ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਜਾਣ ਲਈ ਕਿਹਾ ਗਿਆ ਹੈ।

ਸਰਕਾਰੀ ਸਕੂਲਾਂ ਅਤੇ ਗੁਰਦੁਆਰਿਆਂ ਵਿੱਚ ਰਾਹਤ ਕੈਂਪ: ਡੀਸੀ ਮਿੱਤਲ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ ਵਿੱਚ ਰਾਹਤ ਕੈਂਪ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਗੁਰਦੁਆਰਿਆਂ ਅਤੇ ਸਕੂਲਾਂ ਵਿੱਚ ਰਾਹਤ ਕੈਂਪ ਵੀ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਐਸਡੀਆਰਐਫ ਦੀਆਂ ਟੀਮਾਂ ਨੇ ਇਲਾਕੇ ਵਿੱਚ ਚਾਰਜ ਸੰਭਾਲ ਲਿਆ ਹੈ ਅਤੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.